ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 9 ਨਵੰਬਰ
ਡਾ. ਬੀਆਰ ਅੰਬੇਦਕਰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਫੇਜ਼-6 ਦੇ ਸਫ਼ਾਈ ਕਰਮਚਾਰੀਆਂ ਵੱਲੋਂ ਅੱਜ ਹੜਤਾਲ ਸ਼ੁਰੂ ਕੀਤੀ ਗਈ ਅਤੇ ਸਫ਼ਾਈ ਠੇਕੇਦਾਰ ਤੇ ਮੈਨੇਜਮੈਂਟ ਖ਼ਿਲਾਫ਼ ਧਰਨਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਫ਼ਾਈ ਕਰਮਚਾਰੀ ਰੀਨਾ ਰਾਣੀ, ਸੁਮਨ ਰਾਣੀ, ਬਲਵਿੰਦਰ ਅਤੇ ਹੋਰਾਂ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਠੇਕੇਦਾਰ ਅਧੀਨ ਸਫ਼ਾਈ ਦਾ ਕੰਮ ਕਰਦੇ ਹਨ ਪਰ ਅਜੇ ਤਾਈਂ ਉਨ੍ਹਾਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਵੱਲੋਂ ਹਰੇਕ ਮਹੀਨੇ ਤਨਖ਼ਾਹ ਦੇਰੀ ਨਾਲ ਦਿੱਤੀ ਜਾਂਦੀ ਹੈ। ਇਸ ਸਬੰਧੀ ‘ਆਪ’ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਸਰਕਾਰੀ ਹਸਪਤਾਲ ਦਾ ਨਿਰੀਖਣ ਕਰਨ ਪਹੁੰਚੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ ਪਰ ਕੋਈ ਸੁਧਾਰ ਨਹੀਂ ਹੋਇਆ।
ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਹੜਤਾਲ ‘ਤੇ ਜਾਣ ਕਾਰਨ ਡਾਇਰੈਕਟਰ ਵੱਲੋਂ ਉਨ੍ਹਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਅਤੇ ਨਵੇਂ ਸਫ਼ਾਈ ਸੇਵਕ ਭਰਤੀ ਕਰਨ ਦੀਆਂ ਕਥਿਤ ਤੌਰ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਅਕਤੂਬਰ ਮਹੀਨੇ ਦੀ ਤਨਖ਼ਾਹ ਤੁਰੰਤ ਦਿੱਤੀ ਜਾਵੇ।
ਮੁਲਾਜ਼ਮਾਂ ਦੀ ਭਲਾਈ ਲਈ ਰੋਕੀ ਤਨਖ਼ਾਹ: ਡਾਇਰੈਕਟਰ
ਕਾਲਜ ਤੇ ਹਸਪਤਾਲ ਦੀ ਡਾਇਰੈਕਟਰ ਭਵਨੀਤ ਭਿਵਾਨੀ ਦਾ ਕਹਿਣਾ ਹੈ ਕਿ ਸਫ਼ਾਈ ਸੇਵਕਾਂ ਦੀ ਤਨਖ਼ਾਹ ਇਸ ਕਾਰਨ ਲੇਟ ਹੋ ਰਹੀ ਹੈ ਕਿਉਂਕਿ ਕਈ ਸਫ਼ਾਈ ਕਰਮਚਾਰੀਆਂ ਦਾ ਪੀਐੱਫ਼ ਨਹੀਂ ਕੱਟ ਰਿਹਾ। ਕਈ ਸਫ਼ਾਈ ਕਰਮਚਾਰੀਆਂ ਦਾ ਪਤਾ ਅਤੇ ਮੋਬਾਈਲ ਨੰਬਰ ਗਲਤ ਦਰਜ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਹੀ ਉਨ੍ਹਾਂ ਦੀ ਤਨਖ਼ਾਹ ਰੋਕੀ ਹੋਈ ਹੈ।