ਪੱਤਰ ਪ੍ਰੇਰਕ
ਤਪਾ ਮੰਡੀ, 26 ਜੂਨ
ਆਕਾਸ਼ਦੀਪ ਸਿੰਘ ਢਿੱਲਵਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਤਹਿਸੀਲ ਦਫ਼ਤਰ ਤਪਾ ਅੱਗੇ ਚੱਲਦੇ ਪੱਕੇ ਮੋਰਚੇ ਨੂੰ ਪੌਣਾ ਮਹੀਨਾ ਹੋ ਚੁੱਕਾ ਹੈ, ਪਰ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਹੁਣ ਸਰਕਾਰੀ ਲਾਰਿਆਂ ਤੋਂ ਅੱਕ ਕੇ ਮ੍ਰਿਤਕ ਦੇ ਮਾਪਿਆਂ ਨੇ ਇਨਸਾਫ਼ ਕਮੇਟੀ ਦੀ ਅਗਵਾਈ ‘ਚ 30 ਜੂਨ ਨੂੰ ਡੀਸੀ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪਿੰਡਾਂ ਅੰਦਰ ਅਰਥੀ ਫੂਕ ਮੁਜ਼ਾਹਰੇ ਕਰਨ ਅਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਆਰੰਭ ਕਰ ਦਿੱਤੀ ਹੈ। ਇਸੇ ਕੜੀ ਤਹਿਤ ਅੱਜ ਪਿੰਡ ਘੁੰਨਸ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਮੰਗ ਕੀਤੀ ਕਿ ਕਿਸਾਨੀ ਖ਼ੁਦਕੁਸ਼ੀਆਂ ਵਾਂਗ ਹੀ ਆਰਥਿਕ ਤੰਗੀ ਅਤੇ ਸਾਧਨ ਹੀਣ ਹੋਣ ਕਰਕੇ ਖੁਦਕੁਸ਼ੀ ਕਰਨ ਵਾਲੇ ਮਜਦੂਰਾਂ, ਬੇਰੁਜ਼ਗਾਰਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਵੀ ਮੁਆਵਜ਼ੇ ਦਿੱਤੇ ਜਾਣ ਅਤੇ ਇਸ ਸਬੰਧੀ ਕਾਨੂੰਨ ਬਣਾਇਆ ਜਾਵੇ। ਇਸ ਦੌਰਾਨ ਭਾਕਿਯੂ ਰਾਜੇਵਾਲ ਦੇ ਗੋਰਾ ਸਿੰਘ ਢਿੱਲਵਾਂ ਨੇ 30 ਜੂਨ ਨੂੰ ਵੱਧ ਤੋਂ ਵੱਧ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਰਨਾਲੇ ਪਹੁੰਚਣ ਦਾ ਸੱਦਾ ਦਿੱਤਾ।