ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਨਵੰਬਰ
ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਅਨਿਲ ਐਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਅਤੇ ਹੋਰ ਬਣਦੇ ਸਾਰੇ ਲਾਭ ਦੇਣ ਦੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਸਿਖਿਆ ਮੰਤਰੀ ਨੇ 15 ਸਤੰਬਰ ਨੂੰ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ ਅਤੇ 22 ਅਕਤੂਬਰ ਨੂੰ ਐਲਾਨ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੇ ਬਣਦੇ ਸਾਰੇ ਲਾਭ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਦਿੱਤੇ ਜਾਣਗੇ ਪਰ ਅੱਜ ਤੱਕ ਇਸ ‘ਤੇ ਅਮਲ ਨਹੀਂ ਹੋਇਆ। ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਅਧਿਆਪਕਾਂ ਨੂੰ ਅਣਗੌਲਿਆਂ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦਿੱਤਾ ਗਿਆ ਹੈ ਪਰ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੁਲਾਈ 2011 ਵਿਚ ਉਸ ਵੇਲੇ ਦੀ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ‘ਪਿਕਟਸ’ ਸੁਸਾਇਟੀ ਅਧੀਨ ਰੈਗੂਲਰ ਕੀਤਾ ਸੀ ਪਰ ਉਨ੍ਹਾਂ ਨੂੰ ਬਣਦੇ ਲਾਭਾਂ ਤੋਂ ਵਾਂਝਾ ਰੱਖਿਆ ਗਿਆ ਜਿਸ ਕਰਕੇ ਉਨ੍ਹਾਂ ਅੰਦਰ ਰੋਸ ਹੈ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕੰਪਿਊਟਰ ਅਧਆਪਕਾਂ ਦੀਆਂ ਮੰਗਾਂ ਹੱਲ ਨਾ ਕੀਤੀਆਂ ਤਾਂ ਸੂਬਾ ਪੱਧਰੀ ਸੰਘਰਸ਼ ਕੀਤਾ ਜਾਵੇਗਾ।