ਨਿਊਯਾਰਕ: ਅਮਰੀਕਾ ਵਿੱਚ ਊਬਰ ਈਟਸ ਲਈ ਡਿਲਿਵਰੀ ਦਾ ਕੰਮ ਕਰਨ ਵਾਲੇ ਭਾਰਤੀ-ਅਮਰੀਕੀ ਭਰਤਭਾਈ ਪਟੇਲ (36) ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਹਮਲਾ ਕੀਤਾ ਗਿਆ। ਮੀਡੀਆ ਰਿਪੋਰਟ ਮੁਤਾਬਕ ਹਮਲਾਵਰ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਹ 100 ਤੋਂ ਜ਼ਿਆਦਾ ਵਾਰ ਗ੍ਰਿਫ਼ਤਾਰ ਹੋ ਚੁੱਕਾ ਹੈ। ‘ਨਿਊਯਾਰਕ ਪੋਸਟ’ ਦੀ ਖ਼ਬਰ ਅਨੁਸਾਰ ਮੰਗਲਵਾਰ ਨੂੰ ਨਿਊਯਾਰਕ ਦੇ ਲੋਅਰ ਈਸਟ ਸਾਈਡ ਵਿਖੇ ਪਟੇਲ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਪੀੜਤ ਨੇ ਅਖਬਾਰ ਨੂੰ ਦੱਸਿਆ ਕਿ ਮੁਲਜ਼ਮ ਨੇ ਬਿਨਾਂ ਕੁਝ ਕਹੇ ਉਸ ਉਪਰ ਹਮਲਾ ਕਰ ਦਿੱਤਾ। ਪੁਲੀਸ ਨੇ ਹਮਲਾਵਰ ਸਿਆਨ ਕੂਪਰ (47) ਨੂੰ ਗ੍ਰਿਫ਼ਤਾਰ ਕਰ ਲਿਆ ਹੈ। -ਪੀਟੀਆਈ