ਢਾਕਾ, 9 ਮਈ
ਬੰਗਲਾਦੇਸ਼ ਨੇ ਜੇਲ੍ਹ ਦੀ ਸਜ਼ਾ ਕੱਟ ਰਹੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਇਲਾਜ ਲਈ ਵਿਦੇਸ਼ ਜਾਣ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ ਤੇ ਕਿਹਾ ਹੈ ਕਿ ‘ਜੇਲ੍ਹ ਦੀ ਸਜ਼ਾ ਕੱਟ ਰਹੇ ਕਿਸੇ ਦੋਸ਼ੀ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਦੀ ਕੋਈ ਕਾਨੂੰਨ ਤਜਵੀਜ਼ ਨਹੀਂ ਹੈ।’ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਪ੍ਰਮੁੱਖ ਜ਼ਿਆ (76) ਵਿਦੇਸ਼ੀ ਦਾਨ ਗਬਨ ਕਰਨ ਦੇ ਦੋਸ਼ਾਂ ਵਿਚ 17 ਸਾਲ ਦੀ ਜੇਲ੍ਹ ਕੱਟ ਰਹੀ ਹੈ। ਕਰੋਨਾ ਕਾਰਨ ਉਨ੍ਹਾਂ ਨੂੰ ਆਰਜ਼ੀ ਤੌਰ ’ਤੇ ਰਿਹਾਅ ਕੀਤਾ ਗਿਆ ਹੈ। ਜ਼ਿਆ ਅਪਰੈਲ ਦੀ ਸ਼ੁਰੂਆਤ ’ਚ ਕੋਵਿਡ ਦੀ ਲਪੇਟ ’ਚ ਆਈ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਤਬੀਅਤ ਵਿਚ ਸੁਧਾਰ ਹੋ ਰਿਹਾ ਹੈ। ਕਾਨੂੰਨ ਮੰਤਰਾਲੇ ਵੱਲੋਂ ਜ਼ਿਆ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਹੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਜ਼ਾ ਕੱਟ ਰਹੇ ਦੋਸ਼ੀ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਦੀ ਤਜਵੀਜ਼ ਨਹੀਂ ਹੈ।
-ਪੀਟੀਆਈ