ਬੰਗਲਾਦੇਸ਼ ਜਹਾਜ਼ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 31 ਹੋਈ
ਬੰਗਲਾਦੇਸ਼ ਹਵਾਈ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ਵਿੱਚ 25 ਬੱਚੇ ਵੀ ਸ਼ਾਮਲ ਹਨ। ਇਸ ਦੌਰਾਨ ਜਦੋਂ ਅੰਤਰਿਮ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਤਾਂ ਹਜ਼ਾਰਾਂ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਅਧਿਕਾਰੀਆਂ ’ਤੇ ਸਹੀ ਜਾਣਕਾਰੀ ਜਨਤਕ ਨਾ ਕਰਨ ਦਾ ਦੋਸ਼ ਲਾਇਆ ਹੈ।
ਅਧਿਕਾਰੀਆਂ ਅਨੁਸਾਰ ਸੋਮਵਾਰ ਨੂੰ ਚੀਨ ਦਾ ਬਣਿਆ ਐੱਫ-7 ਬੀਜੀਆਈ ਟਰੇਨਿੰਗ ਜਹਾਜ਼ ਉਡਾਣ ਭਰਨ ਤੋਂ ਕੁਝ ਪਲਾਂ ਬਾਅਦ ਹੀ ਤਕਨੀਕੀ ਖਰਾਬੀ ਕਾਰਨ ਢਾਕਾ ਦੇ ਉਤਾਰਾ ਇਲਾਕੇ ਵਿੱਚ ਮਾਈਲਸਟੋਨ ਸਕੂਲ ਅਤੇ ਕਾਲਜ ਦੀ ਦੋ ਮੰਜ਼ਿਲਾ ਇਮਾਰਤ ਨਾਲ ਟਕਰਾ ਗਿਆ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਨੇ ਕਿਹਾ ਕਿ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ 31 ਹੋ ਗਈ ਹੈ। ਇਸ ਤੋਂ ਪਹਿਲਾਂ ਮੁੱਖ ਸਲਾਹਕਾਰ ਦੇ ਵਿਸ਼ੇਸ਼ ਸਲਾਹਕਾਰ ਸਈਦੁਰ ਰਹਿਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕਾਂ ਵਿੱਚ ਘੱਟੋ-ਘੱਟ 25 ਬੱਚੇ ਸ਼ਾਮਲ ਹਨ। ਇਨ੍ਹਾਂ ’ਚੋਂ ਬਹੁਤੇ 12 ਸਾਲ ਤੋਂ ਘੱਟ ਉਮਰ ਦੇ ਸਨ, ਜਿਨ੍ਹਾਂ ਦੀ ਮੌਤ ਝੁਲਸਣ ਕਾਰਨ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਆਈਐੱਸਪੀਆਰ ਨੇ ਕਿਹਾ ਕਿ ਢਾਕਾ ਦੇ 10 ਹਸਪਤਾਲਾਂ ਵਿੱਚ 165 ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਉਧਰ ਮਾਈਲਸਟੋਨ ਸਕੂਲ ਅਤੇ ਕਾਲਜ ਸਮੇਤ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰੇ ਪ੍ਰਦਰਸ਼ਨ ਕੀਤਾ। ਉਨ੍ਹਾਂ ਮ੍ਰਿਤਕਾਂ ਬਾਰੇ ਸਹੀ ਜਾਣਕਾਰੀ ਜਨਤਕ ਕਰਨ, ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਬੰਗਲਾਦੇਸ਼ ਹਵਾਈ ਫ਼ੌਜ ਵੱਲੋਂ ਵਰਤੇ ਜਾ ਰਹੇ ਪੁਰਾਣੇ ਅਤੇ ਅਸੁਰੱਖਿਅਤ ਟਰੇਨਿੰਗ ਜਹਾਜ਼ਾਂ ਨੂੰ ਤੁਰੰਤ ਬਾਹਰ ਕੱਢਣ ਦੀ ਮੰਗ ਕੀਤੀ।
ਇਸ ਦੌਰਾਨ ਕਾਨੂੰਨੀ ਸਲਾਹਕਾਰ ਆਸਿਫ਼ ਨਜ਼ਰੁਲ, ਸਿੱਖਿਆ ਸਲਾਹਕਾਰ ਸੀਆਰ ਅਬਰਾਰ ਅਤੇ ਮੁੱਖ ਸਲਾਹਕਾਰ ਦੇ ਪ੍ਰੈਸ ਸਕੱਤਰ ਸ਼ਫੀਕੁਲ ਆਲਮ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ ਵਿਦਿਆਰਥੀਆਂ ਨੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਸਲਾਹਕਾਰਾਂ ਨੇ ਸਕੂਲ ਦੀ ਇਮਾਰਤ ਵਿੱਚ ਪਨਾਹ ਲਈ। ਫੌਜ ਅਤੇ ਨੀਮ ਫ਼ੌਜੀ ਬਲਾਂ ਦੀ ਸੁਰੱਖਿਆ ਦੇ ਬਾਵਜੂਦ ਵਿਦਿਆਰਥੀਆਂ ਨੇ ਇਮਾਰਤ ਘੇਰ ਲਈ ਅਤੇ ਦੋਸ਼ ਲਾਇਆ ਕਿ ਅਧਿਕਾਰੀ ਜਾਣਬੁੱਝ ਕੇ ਮੌਤਾਂ ਦੀ ਅਸਲ ਗਿਣਤੀ ਲੁਕਾ ਰਹੇ ਹਨ। ਹਾਲਾਂਕਿ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੇ ਦਫ਼ਤਰ ਨੇ ਵਿਦਿਆਰਥੀਆਂ ਦੇ ਦਾਅਵੇ ਰੱਦ ਕਰ ਦਿੱਤੇ ਹਨ।