ਜਦਾਹ, 16 ਜੁਲਾਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਉਨ੍ਹਾਂ ਸ਼ੁੱਕਰਵਾਰ ਨੂੰ ਸਾਊਦੀ ਅਰਬ ਦੇ ਸੁਲਤਾਨ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਦੌਰਾਨ ਜਮਾਲ ਖਸ਼ੋਗੀ ਦੇ ਕਤਲ ਦਾ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਉਨ੍ਹਾਂ ਇਹ ਵਿਚਾਰ ਵੀ ਰੱਦ ਕਰ ਦਿੱਤਾ ਕਿ ਉਹ ਕੂਟਨੀਤਕ ਸਬੰਧ ਮੁੜ ਸਥਾਪਤ ਕਰਨ ਦੀ ਕੋਸ਼ਿਸ਼ ਦੌਰਾਨ ਉਸ ਵੱਲੋਂ ਕੀਤੀ ਗਈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਮੈਂ ਸਪੱਸ਼ਟ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਹੋਣ ਦੇ ਨਾਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮੁੱਦੇ ’ਤੇ ਚੁੱਪ ਰਹਿਣਾ ਮੇਰੀ ਪਛਾਣ ਨਾਲ ਮੇਲ ਨਹੀਂ ਖਾਂਦਾ। ਮੈਂ ਹਮੇਸ਼ਾਂ ਆਪਣੀਆਂ ਕਦਰਾਂ-ਕੀਮਤਾਂ ਲਈ ਖੜ੍ਹਾ ਰਹਾਂਗਾ। ਅਮਰੀਕੀ ਖੁਫੀਆ ਵਿਭਾਗ ਦਾ ਮੰਨਣਾ ਹੈ ਕਿ ਚਾਰ ਸਾਲ ਪਹਿਲਾਂ ਅਮਰੀਕਾ ਆਧਾਰਿਤ ਲੇਖਕ ਖਸ਼ੋਗੀ ਦੀ ਹੱਤਿਆ ਸੁਲਤਾਨ ਸਲਮਾਨ ਦੇ ਇਸ਼ਾਰੇ ’ਤੇ ਕੀਤੀ ਗਈ ਸੀ। ਬਾਇਡਨ ਨੇ ਕਿਹਾ ਕਿ ਸੁਲਤਾਨ ਮੁਹੰਮਦ ਨੇ ਦਾਅਵਾ ਕੀਤਾ ਕਿ ਉਹ ਖਸ਼ੋਗੀ ਦੀ ਮੌਤ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਨਹੀਂ ਸੀ। ਰਾਸ਼ਟਰਪਤੀ ਨੇ ਕਿਹਾ, ‘‘ਮੈਂ ਇਸ਼ਾਰਾ ਕੀਤਾ ਕਿ ਮੈਨੂੰ ਲੱਗਦਾ ਹੈ ਕਿ ਉਹ ਹੀ (ਜ਼ਿੰਮੇਵਾਰ) ਹੈ।’’
ਇਹ ਦੋਹਾਂ ਆਗੂਆਂ ਵਿਚਾਲੇ ਪਹਿਲੀ ਮੁਲਾਕਾਤ ਹੈ। ਜ਼ਿਕਰਯੋਗ ਹੈ ਕਿ ਇਸ ਦੌਰੇ ਦੌਰਾਨ ਰਾਸ਼ਟਰਪਤੀ ਬਾਇਡਨ ਨੇ ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫਾ-ਅਲ-ਕਦੀਮੀ ਨਾਲ ਵੀ ਮੁਲਾਕਾਤ ਕੀਤੀ। -ਏਪੀ