ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਗਲੇ ਮਹੀਨੇ ਦੱਖਣੀ ਕੋਰੀਆ ਤੇ ਜਾਪਾਨ ਜਾਣਗੇ। ਉਹ ਟੋਕੀਓ ’ਚ ਕੁਆਡ ਸਿਖਰ ਸੰਮੇਲਨ ’ਚ ਵੀ ਹਿੱਸਾ ਲੈਣਗੇ। ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਬਾਇਡਨ 20 ਤੋਂ 24 ਮਈ ਵਿਚਾਲੇ ਦੱਖਣੀ ਕੋਰੀਆ ਤੇ ਜਾਪਾਨ ਦੀ ਯਾਤਰਾ ਕਰਨਗੇ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਦੱਸਿਆ, ‘ਇਹ ਯਾਤਰਾ ਮੁਕਤ ਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਲਈ ਬਾਇਡਨ-ਹੈਰਿਸ ਪ੍ਰਸ਼ਾਸਨ ਦੀ ਪ੍ਰਤੀਬੱਧਤਾ ਨੂੰ ਹੋਰ ਦ੍ਰਿੜ੍ਹ ਕਰੇਗੀ।’ ਜੋਅ ਬਾਇਡਨ ਇਸ ਦੌਰਾਨ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂੰ ਸੁਕ ਯਿਓਲ ਤੇ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ੀਦਾ ਫੁਮੀਓ ਨਾਲ ਵੀ ਮੀਟਿੰਗਾਂ ਕਰਨਗੇ। ਟੋਕੀਓ ’ਚ ਰਾਸ਼ਟਰਪਤੀ ਕੁਆਡ ਦੇ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ। -ਪੀਟੀਆਈ