Canada Airport Privatization: ਕੈਨੇਡਾ ਦੇ ਚਾਰ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਨੂੰ ਹਰੀ ਝੰਡੀ
ਕੈਨੇਡਾ ਸਰਕਾਰ ਨੇ ਦੇਸ਼ ਦੇ ਚਾਰ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਸਮੇਤ ਕੈਲਗਰੀ, ਮੌਂਟਰਿਆਲ ਤੇ ਵੈਨਕੂਵਰ ਹਵਾਈ...
ਕੈਨੇਡਾ ਸਰਕਾਰ ਨੇ ਦੇਸ਼ ਦੇ ਚਾਰ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਸਮੇਤ ਕੈਲਗਰੀ, ਮੌਂਟਰਿਆਲ ਤੇ ਵੈਨਕੂਵਰ ਹਵਾਈ ਅੱਡਿਆਂ ਦਾ ਸੰਚਾਲਨ ਨਿੱਜੀ ਹੱਥਾਂ ’ਚ ਦੇਣ ਨਾਲ 10 ਅਰਬ ਡਾਲਰ ਮਿਲਣ ਦੀ ਉਮੀਦ ਹੈ ਅਤੇ ਇਸ ਰਕਮ ਨੂੰ ਦੇਸ਼ ਦੇ ਅਹਿਮ ਉਤਪਾਦਨ ਸਾਧਨਾਂ ਵਿੱਚ ਨਿਵੇਸ਼ ਕੀਤਾ ਜਾਵੇਗਾ ਜਿੱਥੇ ਉਹ ਆਰਥਿਕਤਾ ਵਿੱਚ ਵੱਡੀ ਭੂਮਿਕਾ ਨਿਭਾਏਗੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹਵਾਈ ਅੱਡਿਆਂ ਦੀ ਜ਼ਮੀਨ ਅਤੇ ਸੰਚਾਲਨ ਢਾਂਚੇ ’ਤੇ ਸਰਕਾਰ ਦੀ ਮਾਲਕੀ ਰਹੇਗੀ।
ਇਸ ਤੋਂ ਪਹਿਲਾਂ ਟੋਰਾਂਟੋ ’ਚ ਚੱਲ ਰਹੇ ਵਿਦੇਸ਼ੀ ਨਿਵੇਸ਼ਕਾਂ ਦੇ ਸਮਾਗਮ ਦੌਰਾਨ ਲੰਘੀ ਦੇਰ ਰਾਤ ਕੈਨੇਡਾ ਦੀ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਸੱਦੀ ਗਈ ਜਿਸ ਦਾ ਏਜੰਡਾ ਕੈਨੇਡਾ ਦੇ ਹਵਾਈ ਅੱਡਿਆਂ ਦਾ ਭਵਿੱਖ ਤੈਅ ਕੀਤੇ ਜਾਣ ਅਤੇ ਉਨ੍ਹਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ’ਤੇ ਵਿਚਾਰ ਕਰਨਾ ਸੀ। ਮੀਟਿੰਗ ’ਚ ਸੰਸਦ ਮੈਂਬਰਾਂ ਦੇ ਅਮਲੇ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਮੀਟਿੰਗ ਵਿੱਚ ਗ਼ੈਰ-ਮੁਨਾਫ਼ਾ ਮਾਡਲ ਵਜੋਂ ਚੱਲ ਰਹੇ ਖ਼ਾਸ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਜਾਂ ਹੋਰ ਬਦਲਵੇਂ ਢੰਗਾਂ ’ਤੇ ਵਿਚਾਰ ਚਰਚਾ ਕੀਤੀ ਗਈ ਤਾਂ ਕਿ ਇਨ੍ਹਾਂ ਪ੍ਰਤੀ ਵੱਡੇ ਵਿਦੇਸ਼ੀ ਨਿਵੇਸ਼ਕਾਂ ਦੀ ਦਿਲਚਸਪੀ ਬਣੇ। ਨਿਵੇਸ਼ਕ ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਲੇਬਰ ਕਾਂਗਰਸ ਨੇ ਰਿਪੋਰਟ ਜਾਰੀ ਕੀਤੀ ਸੀ, ਜਿਸ ਵਿੱਚ ਹਵਾਈ ਅੱਡਿਆਂ ਦੇ ਨਿੱਜੀਕਰਨ ਦੇ ਖ਼ਦਸ਼ੇ ਜਤਾਏ ਗਏ ਸਨ।

