ਬਹਿਰੀਨ ਨਾਲ ਖੇਤਰੀ ਮੁੱਦਿਆਂ ਬਾਰੇ ਚਰਚਾ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਬਹਿਰੀਨੀ ਹਮਰੁਤਬਾ ਅਬਦੁੱਲ ਲਤੀਫ਼ ਬਿਨ ਰਾਸ਼ਿਦ ਅਲ ਜ਼ਾਯਨੀ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਦੋਵੇਂ ਮੁਲਕਾਂ ਵਿਚਾਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਬਹੁਪੱਖੀ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਢੰਗ ਤਰੀਕਿਆਂ ਬਾਰੇ ਚਰਚਾ ਕੀਤੀ।
ਨਿਊਯਾਰਕ ਦੇ ਦੌਰੇ ’ਤੇ ਆਏ ਜੈਸ਼ੰਕਰ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਕਿਹਾ ਕਿ ਬਹਿਰੀਨ ਦੇ ਵਿਦੇਸ਼ ਮੰਤਰੀ ਡਾ. ਜ਼ਾਯਨੀ ਨਾਲ ਫੋਨ ’ਤੇ ਗੱਲਬਾਤ ਕਰਦੇ ਵਧੀਆ ਲੱਗਿਆ। ਦੋਵੇਂ ਮੰਤਰੀਆਂ ਨੇ ਖੇਤਰੀ ਅਤੇ ਆਲਮੀ ਘਟਨਾਵਾਂ ਬਾਰੇ ਵੀ ਚਰਚਾ ਕੀਤੀ। ਦੋਹਾਂ ਨੇ ਇਸ ਮਹੀਨੇ ਦੇ ਸ਼ੁਰੂ ’ਚ ਨਵੀਂ ਦਿੱਲੀ ’ਚ ਵਿਆਪਕ ਚਰਚਾ ਕੀਤੀ ਸੀ ਅਤੇ ਕਿਹਾ ਸੀ ਕਿ ਦੋਵੇਂ ਮੁਲਕ ਇਕ ਨਿਵੇਸ਼ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੇ ਨੇੜੇ ਪਹੁੰਚ ਗਏ ਹਨ। ਉਨ੍ਹਾਂ ਦੋਹਰੇ ਟੈਕਸੇਸ਼ਨ ਬਚਾਅ ਸਮਝੌਤੇ ਲਈ ਗੱਲਬਾਤ ਸ਼ੁਰੂ ਕਰਨ ਨੂੰ ਲੈ ਕੇ ਆਮ ਸਮਝ ਵਿਕਸਤ ਕਰਨ ’ਤੇ ਵੀ ਸਹਿਮਤੀ ਪ੍ਰਗਟਾਈ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਇਸ ਨਾਲ ਦੋਹਰੇ ਟੈਕਸੇਸ਼ਨ ਨੂੰ ਖ਼ਤਮ ਕਰਨ ਅਤੇ ਵਪਾਰ ਤੇ ਨਿਵੇਸ਼ ਨੂੰ ਹੱਲਾਸ਼ੇਰੀ ਦੇਣ ’ਚ ਮਦਦ ਮਿਲੇਗੀ।
ਕਤਰ ਦੇ ਪ੍ਰਧਾਨ ਮੰਤਰੀ ਨਾਲ ਵੀ ਮੁਲਾਕਾਤ ਕੀਤੀ
ਦੋਹਾ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਕਤਰ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਅਬਦੁੱਲ ਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਊਰਜਾ, ਵਪਾਰ ਅਤੇ ਨਿਵੇਸ਼ ਜਿਹੇ ਖੇਤਰਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਖੇਤਰੀ ਅਤੇ ਆਲਮੀ ਮੁੱਦਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ।
