ਹਰਜੀਤ ਲਸਾੜਾ
ਬ੍ਰਿਸਬਨ, 20 ਜੂਨ
ਇੱਥੇ ਆਸਟਰੇਲੀਅਨ ਐਨਰਜੀ ਮਾਰਕਿਟ ਅਪਰੇਟਰ (ਏਈਐੱਮਓ) ਨੇ ਮੌਜੂਦਾ ਊਰਜਾ ਸਮੱਸਿਆਵਾਂ ਦੇ ਮੱਦੇਨਜ਼ਰ ਆਸਟਰੇਲੀਆ ਦੇ ਸਾਰੇ ਖ਼ਪਤਕਾਰਾਂ ਨੂੰ ਗੰਭੀਰ ਬਿਜਲੀ ਸੰਕਟ ਦੀ ਚਿਤਾਵਨੀ ਦਿੱਤੀ ਹੈ। ਅਲਿੰਟਾ ਐਨਰਜੀ ਦੇ ਕਾਰਜਕਾਰੀ ਨਿਰਦੇਸ਼ਕ ਡੈਨੀਅਲ ਮੈਕਲੇਲੈਂਡ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਬਿਜਲੀ ਕੀਮਤਾਂ ’ਚ ਭਾਰੀ ਵਾਧੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਭਿਆਨਕ ਬਿਜਲੀ ਸੰਕਟ ਨਾਲ ਨਜਿੱਠਣ ਲਈ ਸਰਕਾਰ ਨੇ 80 ਲੱਖ ਲੋਕਾਂ ਨੂੰ ਰੋਜ਼ਾਨਾ ਦੋ ਘੰਟੇ ਬਿਜਲੀ ਨਾ ਵਰਤਣ ਦੀ ਅਪੀਲ ਕੀਤੀ ਹੈ। ਦੇਸ਼ ਵਿੱਚ ਊਰਜਾ ਦੀਆਂ ਵਧਦੀਆਂ ਕੀਮਤਾਂ ਕਾਰਨ ਰਹਿਣ-ਸਹਿਣ ਲਈ ਸਾਰੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ, ਜਿਸ ਕਾਰਨ ਬਹੁਤੇ ਘਰਾਂ ਅਤੇ ਕਾਰੋਬਾਰਾਂ ਨੂੰ ਪ੍ਰਭਾਵਿਤ ਕੀਤਾ ਹੈ।