ਹਰਜੀਤ ਲਸਾੜਾ
ਬ੍ਰਿਸਬੇਨ, 25 ਫਰਵਰੀ
ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ, ਪੰਜਾਬੀ ਲੇਖਕ ਸਭਾ, ਕਮਿਊਨਿਟੀ ਰੇਡੀਓ ਫੋਰ ਈਬੀ ਦੇ ਪੰਜਾਬੀ ਭਾਸ਼ਾ ਗਰੁੱਪ ਅਤੇ ਉਸਾਰੂ ਪੰਜਾਬੀ ਹਿਤੈਸ਼ੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਜਸਵੰਤ ਵਾਗਲਾ ਨੇ ਕਿਹਾ ਕਿ ਮਰਹੂਮ ਗਾਇਕ ਵੱਲੋਂ ਆਪਣੀ ਕਲਾ ਰਾਹੀਂ ਕੀਤੀ ਗਈ ਪੰਜਾਬੀ ਮਾਂ ਬੋਲੀ ਦੀ ਸੇਵਾ ਨੂੰ ਸਦਾ ਯਾਦ ਰੱਖਿਆ ਜਾਵੇਗਾ। ਪ੍ਰੈੱਸ ਕਲੱਬ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਸਰਦੂਲ ਸਿਕੰਦਰ ਦੇ ਇਸ ਫ਼ਾਨੀ ਦੁਨੀਆਂ ਤੋਂ ਤੁਰ ਜਾਣ ਨਾਲ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਕਲਾਕਾਰ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਕਮਿਊਨਟੀ ਰੇਡੀਓ ਫੋਰ ਈਬੀ ਦੇ ਪੰਜਾਬੀ ਭਾਸ਼ਾ ਗਰੁੱਪ ਦੇ ਕਨਵੀਨਰ ਹਰਜੀਤ ਲਸਾੜਾ ਨੇ ਕਿਹਾ ਕਿ ਅਗਲੇ ਸ਼ਨਿਚਰਵਾਰ ਨੂੰ ਪੰਜਾਬੀ ਭਾਸ਼ਾ ਗਰੁੱਪ ਮਰਹੂਮ ਗਾਇਕ ਨੂੰ ਸਮਰਪਿਤ ਵਿਸ਼ੇਸ਼ ਲਾਈਵ ਰੇਡੀਓ ਪ੍ਰੋਗਰਾਮ ਰਾਹੀਂ ਆਪਣੀ ਸ਼ਰਧਾਂਜਲੀ ਭੇਟ ਕਰਨਗੇ।