ਹਰਜੀਤ ਲਸਾੜਾ
ਬ੍ਰਿਸਬੇਨ, 18 ਅਕਤੂਬਰ
ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਬ੍ਰਿਸਬੇਨ ਸ਼ਹਿਰ ਵਿੱਚ ਗੁਰਦੁਆਰਾ ਸਿੰਘ ਸਭਾ ਸਾਹਿਬ ਟਾਇਗਮ ਵਿਖੇ ਸੰਗਤਾਂ ਦੇ ਵੱਡੇ ਇਕੱਠ ਵੱਲੋਂ ਭਾਰਤ ਦੀ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਬਿਲਾਂ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਬਿਲਾਂ ਨੂੰ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ ਅਤੇ ਇਨ੍ਹਾਂ ਲੋਕ ਮਾਰੂ ਕਾਨੂੰਨਾਂ ਨਾਲ ਪੰਜਾਬ ਦੀ ਕਿਸਾਨੀ ਤੇ ਜਵਾਨੀ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਸਿਰਫ਼ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਤੇ ਕਿਰਤੀ ਵਰਗ ਨੂੰ ਜ਼ਮੀਨਾਂ ਤੋਂ ਜਬਰੀ ਵਾਂਝਾ ਕਰ ਕੇ ਉਨ੍ਹਾਂ ਨੂੰ ਪੂੰਜੀਵਾਦ ਦੇ ਗੁਲਾਮ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਕ ਦੀ ਕਿਸਾਨੀ ਤੇ ਅਰਥਚਾਰੇ ਨੂੰ ਬਚਾਉਣ ਲਈ ਸਾਰੀਆਂ ਸਿਆਸੀ ਜਮਾਤਾਂ ਤੇ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਲਗਾਤਾਰ ਸੰਘਰਸ਼ ਜਾਰੀ ਰੱਖਣਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਈਚਾਰਾ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਹਮਾਇਤ ਕਰੇਗਾ। ਇਸ ਮੌਕੇ ਮਨਜੀਤ ਸਿੰਘ ਲਾਲੀ, ਜਗਜੀਤ ਸਿੰਘ ਖੋਸਾ, ਬਹਾਦਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸੀ।