ਇਸਲਾਮਾਬਾਦ, 21 ਸਤੰਬਰ
ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਦੇਸ਼ ਵਿੱਚ ਆਮ ਚੋਣਾਂ ਅਗਲੇ ਸਾਲ ਜਨਵਰੀ ਮਹੀਨੇ ਦੇ ਆਖਰੀ ਹਫ਼ਤੇ ’ਚ ਹੋਣਗੀਆਂ। ਵਿੱਤੀ ਸੰਕਟ ਨਾਲ ਜੂਝ ਰਹੇ ਦੇਸ਼ ਵਿੱਚ ਸਿਆਸੀ ਪਾਰਟੀਆਂ ਵੱਲੋਂ ਸਮੇਂ ਸਿਰ ਚੋਣਾਂ ਕਰਵਾਉਣ ਦੇ ਵਧ ਰਹੇ ਦਬਾਅ ਦੌਰਾਨ ਚੋਣ ਕਮਿਸ਼ਨ ਨੇ ਇਹ ਐਲਾਨ ਕੀਤਾ ਹੈ। ਕਮਿਸ਼ਨ ਨੇ ਇੱਥੇ ਜਾਰੀ ਇੱਕ ਬਿਆਨ ’ਚ ਕਿਹਾ ਕਿ ਉਸ ਨੇ ਚੋਣ ਹਲਕਿਆਂ ਦੀ ਹੱਦਬੰਦੀ ਦੇ ਕੰਮ ਦੀ ਸਮੀਖਿਆ ਕੀਤੀ ਹੈ ਅਤੇ ਹਲਕਿਆਂ ਦੀ ਹੱਦਬੰਦੀ ਦੀ ਸ਼ੁਰੂਆਤੀ ਸੂਚੀ 27 ਸਤੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਵਿੱਚ ਕਿਹਾ ਗਿਆ ਕਿ ਪਾਰਟੀਆਂ ਇਸ ਸਬੰਧੀ ਇਤਰਾਜ਼ ਦਾਖਲ ਕਰ ਸਕਣਗੀਆਂ ਜਿਸ ਮਗਰੋਂ ਚੋਣ ਕਮਿਸ਼ਨ ਸਾਰੇ ਇਤਰਾਜ਼ਾਂ ਅਤੇ ਸੁਝਾਵਾਂ ਦਾ ਹੱਲ ਕਰੇਗਾ। ਬਿਆਨ ਮੁਤਾਬਕ ਸੂਚੀ ਦੇ ਸਬੰਧ ’ਚ ਪਾਰਟੀਆਂ ਦੇ ਇਤਰਾਜ਼ਾਂ ਅਤੇ ਸੁਝਾਵਾਂ ’ਤੇ ਵਿਚਾਰ ਕਰਨ ਮਗਰੋਂ 30 ਨਵੰਬਰ ਨੂੰ ਆਖਰੀ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ ਜਿਸ ਮਗਰੋਂ ਚੋਣ ਪ੍ਰੋਗਰਾਮ ਸ਼ੁਰੂ ਹੋਵੇਗਾ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਹੱਦਬੰਦੀ ਦਾ ਕੰਮ ਖਤਮ ਹੋਣ ’ਤੇ 54 ਦਿਨਾ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ ਅਤੇ ‘‘ਚੋਣਾਂ ਜਨਵਰੀ 2024 ਦੇ ਆਖਰੀ ਹਫ਼ਤੇ ਹੋਣਗੀਆਂ।’’ ਦੱਸਣਯੋਗ ਹੈ ਕਿ ਪਾਕਿਸਤਾਨ ’ਚ ਕੌਮੀ ਅਸੈਂਬਲੀ 9 ਅਗਸਤ ਨੂੰ ਭੰਗ ਕਰ ਦਿੱਤੀ ਗਈ ਸੀ ਅਤੇ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਅਸੈਂਬਲੀ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਹੋਣੀਆਂ ਚਾਹੀਦੀਆਂ ਹਨ। ਪਿਛਲੀ ਸਰਕਾਰ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਕੁਝ ਦਿਨਾਂ ਪਹਿਲਾਂ ਐਲਾਨ ਕੀਤਾ ਸੀ ਕਿ ਨਵੀਂ ਜਨਗਣਨਾ ਰਿਪੋਰਟ ਆਉਣ ਮਗਰੋਂ ਉਸ ਦੇ ਆਧਾਰ ’ਤੇ ਚੋਣ ਹਲਕਿਆਂ ਦੀ ਪੁਨਰ ਹੱਦਬੰਦੀ ਕੀਤੀ ਜਾਵੇਗੀ ਅਤੇ ਉਸ ਮਗਰੋਂ ਆਮ ਚੋਣਾਂ ਕਰਵਾਈਆਂ ਜਾਣਗੀਆਂ। -ਪੀਟੀਆਈ
ਨਵਾਜ਼, ਜ਼ਰਦਾਰੀ ਤੇ ਹੋਰਾਂ ਖ਼ਿਲਾਫ਼ ਕੇਸ ਖੋਲ੍ਹੇਗੀ ਭ੍ਰਿਸ਼ਟਾਚਾਰ ਰੋਕੂ ਏਜੰਸੀ
ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਸਮੇਤ ਹੋਰ ਆਗੂਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ’ਚ ਹਾਲ ਹੀ ਵਿੱਚ ਹੋਈ ਸੋਧ ਸੁਪਰੀਮ ਕੋਰਟ ਵੱਲੋਂ ਖਾਰਜ ਕੀਤੇ ਜਾਣ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਨੇ ਭ੍ਰਿਸ਼ਟਾਚਾਰ ਮਾਮਲਿਆਂ ਦਾ ਵੇਰਵਾ ਜਵਾਬਦੇਹੀ ਅਦਾਲਤਾਂ ਨੂੰ ਸੌਂਪਿਆ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਉਨ੍ਹਾਂ ਮਾਮਲਿਆਂ ਨੂੰ ਮੁੜ ਖੋਲ੍ਹਿਆ ਜਾਵੇ ਜਿਨ੍ਹਾਂ ਦਾ ਸਬੰਧ 50 ਕਰੋੜ ਰੁਪਏ ਤੋਂ ਘੱਟ ਦੀ ਰਾਸ਼ੀ ਨਾਲ ਹੈ। ਪਿਛਲੇ ਹਫ਼ਤੇ ਪਾਕਿਸਤਾਨੀ ਸੁਪਰੀਮ ਕੋਰਟ ਨੇ ਦੇਸ਼ ਦੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ’ਚ ਹਾਲ ਹੀ ਵਿੱਚ ਹੋਈ ਸੋਧ ਨੂੰ ਰੱਦ ਕਰਦਿਆਂ ਜਨਤਕ ਅਹੁਦਦਿਆਂ ’ਤੇ ਬੈਠੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਬਹਾਲ ਕਰ ਦਿੱਤੇ ਸਨ ਜਿਨ੍ਹਾਂ ’ਚ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ, ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਸ਼ਹਿਬਾਜ਼ ਸ਼ਰੀਫ, ਯੂਸੁਫ ਰਜ਼ਾ ਗਿਲਾਨੀ, ਰਾਜਾ ਪਰਵੇਜ਼ ਅਸ਼ਰਫ ਤੇ ਸ਼ਾਹਿਦ ਖਾਕਾਨ ਅੱਬਾਸੀ ਦੇ ਨਾਂ ਸ਼ਾਮਲ ਹਨ। -ਪੀਟੀਆਈ