ਵਿੱਕੀ ਬਟਾਲਾ
ਫੀਰੈਂਸੇ, 11 ਸਤੰਬਰ
ਫੀਰੈਂਸੇ (ਇਟਲੀ) ਦੇ ਸ਼ਹਿਰ ਜੈਤਾਲੀਆ ਵਿਚ ਦੂਜੀ ਵਿਸ਼ਵ ਜੰਗ ’ਚ ਸ਼ਹੀਦ ਹੋਏ ਫ਼ੌਜੀਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ‘ਕਮਿਊਨੇ’ ਦੇ ਸਹਿਯੋਗ ਨਾਲ ਕਰਵਾਏ ਇਸ ਸ਼ਰਧਾਂਜਲੀ ਸਮਾਗਮ ਵਿੱਚ ਇਲਾਕੇ ਦੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਇਸ ਥਾਂ ’ਤੇ 360 ਭਾਰਤੀ ਫ਼ੌਜੀਆਂ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ ਅਤੇ 400 ਦੇ ਕਰੀਬ ਜ਼ਖ਼ਮੀ ਹੋਏ ਸਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ ਦੇ ਨੁਮਾਇੰਦੇ ਹਾਜ਼ਰ ਹੋਏ। ਇਨ੍ਹਾਂ ਵਿਚ ਪਿਰਥੀਪਾਲ ਸਿੰਘ, ਸੇਵਾ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਜਗਦੀਪ ਸਿੰਘ, ਜਸਵੀਰ ਸਿੰਘ, ਪਰਮਿੰਦਰ ਸਿੰਘ, ਗੁਰਿੰਦਰ ਸਿੰਘ ਸ਼ਾਮਲ ਸਨ। ਇਸ ਮੌਕੇ ਫ਼ੌਜੀ ਅਧਿਕਾਰੀ ਜਰਨਲ ਮਤੇਓ ਨੇ ਕਿਹਾ ਕਿ ਇਟਲੀ ਸਿੱਖੀ ਸਰੂਪ ਵਾਲੇ ਬੱਚਿਆਂ ਨੂੰ ਆਪਣੀ ਫ਼ੌਜ ਵਿੱਚ ਭਰਤੀ ਕਰਨ ਸਬੰਧੀ ਜਲਦੀ ਫ਼ੈਸਲਾ ਲਏਗਾ। ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ- ਇਟਲੀ ਦੇ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਜਿਵੇਂ ਇਟਲੀ ਦੇ ਸ਼ਹਿਰ ਫੋਰਲੀ ਵਿਚ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਵਿੱਚ ਯਾਦਗਾਰ ਬਣਾਈ ਹੈ, ਉਸੇ ਤਰ੍ਹਾਂ ਇੱਥੇ ਵੀ ਯਾਦਗਾਰ ਸਥਾਪਤ ਕੀਤੀ ਜਾਵੇਗੀ।