ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੀ ਸਰਕਾਰ ਨੇ ਬੀਤੇ ਦਿਨੀਂ ਮਰਦਾਨ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰੇ ਵਿੱਚ ਵਾਪਰੀ ਘਟਨਾ ਮਗਰੋਂ ਗੁਰਦੁਆਰੇ ਲਈ ਚਾਰ ਕਰੋੜ ਪਾਕਿਸਤਾਨੀ ਰੁਪਏ ਦੀ ਗਰਾਂਟ ਅਤੇ ਉੱਥੇ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਲਈ ਦਸ-ਦਸ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਸੂਬੇ ਦੇ ਧਾਰਮਿਕ ਅਤੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਹਿਬਜ਼ਾਦਾ ਅਦਨਾਨ ਕਾਦਰੀ ਨੇ ਸੋਮਵਾਰ ਨੂੰ ਗੁਰਦੁਆਰੇ ਦਾ ਦੌਰਾ ਕਰ ਕੇ ਸਿੱਖ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਜ਼ਿਕਰਯੋਗ ਹੈ ਕਿ 17 ਜੂਨ ਨੂੰ ਪਿਸ਼ਾਵਰ ਤੋਂ ਕਰੀਬ 60 ਕਿਲੋਮੀਟਰ ਦੂਰ ਬਾਬੂ ਮੁਹੱਲਾ ਵਿੱਚ ਸਥਿਤ 150 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਡੇਰਾ ਹੋਤੀ ਵਾਲਾ ਬਾਬਾ ਕਰਮ ਸਿੰਘ ਵਿੱਚ ਸੇਵਾਦਾਰ ਜਗਨਨਾਥ ਅਤੇ ਉਸ ਦੀ ਪਤਨੀ ਅਸਮਾ ਵੰਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਸ਼ੇਰ ਸ਼ਾਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਦਰੀ ਨੇ ਕਿਹਾ ਕਿ ਇਸਲਾਮ ਅਮਨ ਦਾ ਧਰਮ ਹੈ, ਜੋ ਗ਼ੈਰ-ਮੁਸਲਿਮ ਨਾਗਰਿਕਾਂ ਦੀ ਸੁਰੱਖਿਆ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਵਕਾਲਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦੀਆਂ ਤੋਂ ਇਸ ਖੇਤਰ ਦਾ ਅਹਿਮ ਹਿੱਸਾ ਰਿਹਾ ਹੈ ਅਤੇ ਸਮਾਜ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਹ ਤੇ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਇਸ ਜਾਂਚ ਦੀ ਨਿਗਰਾਨੀ ਕਰ ਰਹੇ ਹਨ।

