ਇਮਰਾਨ ਖ਼ਾਨ ਦੀ ਰਿਹਾਈ ਮੰਗਦੇ 500 ਤੋਂ ਵੱਧ ਸਮਰਥਕ ਗ੍ਰਿਫ਼ਤਾਰ
ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਦੇਸ਼ ਵਿਆਪੀ ਮੁਹਿੰਮ ਚਲਾਈ; ਇਮਰਾਨ ਦੀ ਦੋ ਸਾਲ ਬਾਅਦ ਵੀ ਨਾ ਹੋਈ ਰਿਹਾਈ
ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸਰਪ੍ਰਸਤ ਇਮਰਾਨ ਖਾਨ ਦੀ ਰਿਹਾਈ ਲਈ ਪਾਰਟੀ ਸਮਰਥਕਾਂ ਨੇ ਅੱਜ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਨੇ ਇਮਰਾਨ ਦੀ ਪਾਰਟੀ ਦੇ ਪੰਜ ਸੌ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 72 ਸਾਲਾ ਖ਼ਾਨ ਨੂੰ 5 ਅਗਸਤ, 2023 ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਹੋਰ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਕਾਰਨ ਇਸ ਵੇਲੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਨਜ਼ਰਬੰਦ ਹਨ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸਮਰਥਕਾਂ ਨੇ ਦੋ ਸਾਲ ਬਾਅਦ ਵੀ ਇਮਰਾਨ ਖਾਨ ਦੀ ਰਿਹਾਈ ਨਾ ਹੋਣ ’ਤੇ ਆਪਣੀ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ। ਇਮਰਾਨ ਦੀ ਪਾਰਟੀ ਅਨੁਸਾਰ ਪੁਲੀਸ ਨੇ ਲਾਹੌਰ ਤੋਂ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਨੂੰ ਹਿਰਾਸਤ ਵਿਚ ਲਿਆ। ਪੁਲੀਸ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸੂਬੇ ਵਿੱਚ ਧਾਰਾ 144 ਲੱਗੀ ਹੋਣ ਦੇ ਬਾਵਜੂਦ ਪੀਟੀਆਈ ਸਮਰਥਕਾਂ ਨੇ ਇਸ ਦੀ ਉਲੰਘਣਾ ਕੀਤੀ, ਜਿਸ ਕਾਰਨ ਪੁਲੀਸ ਨੇ ਪੀਟੀਆਈ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਕਿਸੇ ਨੂੰ ਵੀ ਧਾਰਾ 144 ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਹੈ।