ਨੇਪਾਲ ਨੇ ਜਲਵਾਯੂ ਤਬਦੀਲੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ਾ ਮੰਗਿਆ
ਆਫ਼ਤ ਮਗਰੋਂ ਸਹਾਇਤਾ ਦਾਨ ਨਹੀਂ, ਸਗੋਂ ਇਖ਼ਲਾਕੀ ਜ਼ਿੰਮੇਵਾਰੀ: ਖਨਾਲ; ਅਮਰੀਕਾ, ਚੀਨ ਅਤੇ ਭਾਰਤ ਨੂੰ ਸਭ ਤੋਂ ਵੱਧ ਗੈਸਾਂ ਛੱਡਣ ਵਾਲੇ ਦੇਸ਼ ਦੱਸਿਆ
ਨੇਪਾਲ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਲਈ ਜਲਵਾਯੂ ਪਰਿਵਰਤਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੌਮਾਂਤਰੀ ਪੱਧਰ ’ਤੇ ਮੁਆਵਜ਼ਾ ਲੈਣ ਦੀ ਮੁਹਿੰਮ ਵਿੱਢ ਦਿੱਤੀ ਹੈ। ਵਿਦੇਸ਼ ਮੰਤਰੀ ਸ਼ਿਸਿਰ ਖਨਾਲ ਨੇ ਸਪੱਸ਼ਟ ਕੀਤਾ ਹੈ ਕਿ ਆਫ਼ਤ ਮਗਰੋਂ ਮਿਲਣ ਵਾਲੀ ਸਹਾਇਤਾ ਨੂੰ ਦਾਨ ਨਹੀਂ, ਸਗੋਂ ਵੱਧ ਗੈਸਾਂ ਛੱਡਣ ਵਾਲੇ ਮੁਲਕਾਂ ਦੀ ਇਖ਼ਲਾਕੀ ਜ਼ਿੰਮੇਵਾਰੀ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੇਪਾਲ ਵੱਲੋਂ ਗਰੀਨਹਾਊਸ ਗੈਸਾਂ ਦਾ ਨਿਕਾਸ ਨਾਮਾਤਰ ਹੈ, ਪਰ ਗਲੇਸ਼ੀਅਰ ਪਿਘਲਣ ਅਤੇ ਪਹਾੜੀ ਆਫ਼ਤਾਂ ਦਾ ਸਭ ਤੋਂ ਵੱਧ ਨੁਕਸਾਨ ਉਨ੍ਹਾਂ ਨੂੰ ਹੀ ਝੱਲਣਾ ਪੈ ਰਿਹਾ ਹੈ। ਵਿਦੇਸ਼ ਮੰਤਰੀ ਨੇ ਅਮਰੀਕਾ, ਚੀਨ ਅਤੇ ਭਾਰਤ ਨੂੰ ਸਭ ਤੋਂ ਵੱਧ ਗੈਸਾਂ ਛੱਡਣ ਵਾਲੇ ਮੁਲਕ ਦੱਸਦਿਆਂ ਕਿਹਾ ਕਿ ਇਸ ਨੁਕਸਾਨ ਦੀ ਪੂਰਤੀ ਕਰਨਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਹਿਮਾਲਿਆ ਦੇ ਗਲੇਸ਼ੀਅਰ ਖ਼ਤਮ ਹੋ ਗਏ, ਤਾਂ ਦੱਖਣੀ ਏਸ਼ੀਆ ਦੇ ਦੋ ਅਰਬ ਤੋਂ ਵੱਧ ਲੋਕਾਂ ਲਈ ਪਾਣੀ ਦਾ ਸੰਕਟ ਖੜ੍ਹਾ ਹੋ ਜਾਵੇਗਾ।
ਦੂਜੇ ਪਾਸੇ, ਭਾਰਤ ਦਾ ਕਹਿਣਾ ਹੈ ਕਿ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਸਬੰਧੀ ਜ਼ਰੂਰਤਾਂ ਅਤੇ ਪਿਛਲੇ ਸਮੇਂ ਦੌਰਾਨ ਗੈਸਾਂ ਦੇ ਨਾਂਮਾਤਰ ਨਿਕਾਸ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਭਾਰਤ ਮੁਤਾਬਕ ਪੱਛਮੀ ਦੇਸ਼ਾਂ ਨੇ ਸਭ ਤੋਂ ਪਹਿਲਾਂ ਉਦਯੋਗੀਕਰਨ ਕੀਤਾ ਸੀ, ਇਸ ਲਈ ਵਿਕਾਸਸ਼ੀਲ ਦੇਸ਼ਾਂ ਦੀ ਮਦਦ ਕਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ।

