Imran Khan ਤੇ ਬੁਸ਼ਰਾ ਨੂੰ ਇਕਾਂਤ ਕੈਦ ਵਿੱਚ ਨਾ ਰੱਖਣ ਦੇ ਹੁਕਮ
ਜੇਲ੍ਹ ਅਧਿਕਾਰੀਆਂ ਨੂੰ ਪਰਿਵਾਰ ਨਾਲ ਮੁਲਾਕਾਤ ਦੇ ਪ੍ਰਬੰਧ ਕਰਨ ਲਈ ਕਿਹਾ
ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਜੇਲ੍ਹ ਅਧਿਕਾਰੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਕੱਲਿਆਂ ਕੈਦ ਵਿੱਚ ਨਾ ਰੱਖਣ ਦੇ ਨਿਰਦੇਸ਼ ਦਿੱਤੇ। ਇਮਰਾਨ ਖ਼ਾਨ (73) ਅਤੇ ਬੁਸ਼ਰਾ ਬੀਬੀ ਹਾਲ ਦੀ ਘੜੀ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਭ੍ਰਿਸ਼ਟਾਚਾਰ ਅਤੇ ਹੋਰ ਮਾਮਲਿਆਂ ਵਿੱਚ ਸਜ਼ਾਵਾਂ ਕੱਟ ਰਹੇ ਹਨ। ਜਸਟਿਸ ਖ਼ਾਦਿਮ ਹੁਸੈਨ ਸੋਮਰੋ ਨੇ ਖ਼ਾਨ ਅਤੇ ਬੀਬੀ ਨੂੰ ਕਥਿਤ ਤੌਰ ’ਤੇ ਇਕਾਂਤ ਵਿੱਚ ਰੱਖਣ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਸੁਣਵਾਈਯੋਗ ਮੰਨਦਿਆਂ ਇਹ ਹੁਕਮ ਦਿੱਤਾ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਖ਼ਾਨ ਦੇ ਪਰਿਵਾਰਕ ਮੈਂਬਰਾਂ ਨੂੰ ਜੇਲ੍ਹ ਨਿਯਮਾਂ ਅਨੁਸਾਰ ਉਨ੍ਹਾਂ ਨਾਲ ਮੁਲਾਕਾਤ ਦੀ ਇਜਾਜ਼ਤ ਦੇਣ ਅਤੇ ਉਨ੍ਹਾਂ ਦੇ ਪੁੱਤਰਾਂ ਨਾਲ ਟੈਲੀਫੋਨ ’ਤੇ ਗੱਲਬਾਤ ਦੇ ਪ੍ਰਬੰਧ ਕਰਨ ਲਈ ਵੀ ਕਿਹਾ ਹੈ। ਖ਼ਾਨ ਨੂੰ ਰੋਜ਼ਾਨਾ ਅਖ਼ਬਾਰ ਤੇ ਕਿਤਾਬਾਂ ਮੁਹੱਈਆ ਕਰਵਾਉਣ ਅਤੇ ਨਿਯਮਾਂ ਮੁਤਾਬਕ ਡਾਕਟਰੀ ਸਹੂਲਤਾਂ ਦੇਣ ਦੇ ਵੀ ਹੁਕਮ ਦਿੱਤੇ ਗਏ ਹਨ। ਅਦਾਲਤ ਨੇ ਅਡਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ 15 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਮਰਾਨ ਖ਼ਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ, ਜਿਨ੍ਹਾਂ ਕੇਸਾਂ ’ਚ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

