ਇਸਲਾਮਾਬਾਦ, 19 ਅਕਤੂਬਰ
ਪਾਕਿਸਤਾਨ ਨੇ ਭਾਰਤੀ ਸਿੱਖਾਂ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਤਿੰਨ ਰੋਜ਼ਾ ਪ੍ਰਕਾਸ਼ ਪੁਰਬ ਸਮਾਗਮ 27 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਸ਼ੁਰੂ ਹੋਣਗੇ। ਭਾਰਤੀ ਸਿੱਖ ਸੰਗਤ ਰਾਹੀਂ ਅਗਾਊਂ ਭੇਜੇ ਇਸ ਸੱਦੇ ਦੀ ਤਫ਼ਸੀਲ ਮੁਤਾਬਕ ਪ੍ਰਕਾਸ਼ ਪੁਰਬ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਕੋਵਿਡ-19 ਟੈਸਟ ਲਾਜ਼ਮੀ ਹੋਵੇਗਾ ਤੇ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਦਾਖ਼ਲੇ ਲਈ ਪੰਜ ਦਿਨ ਦਾ ਵੀਜ਼ਾ ਦਿੱਤਾ ਜਾਵੇਗਾ, ਜੋ 2 ਦਸੰਬਰ ਨੂੰ ਖ਼ਤਮ ਹੋ ਜਾਵੇਗਾ। ਉਧਰ ਭਾਰਤ ਸਰਕਾਰ ਨੇ ਅਜੇ ਤੱਕ ਇਸ ਸੱਦੇ ਬਾਰੇ ਆਪਣਾ ਪ੍ਰਤੀਕਰਮ ਨਹੀਂ ਦਿੱਤਾ। ਵਕਫ਼ ਪ੍ਰਾਪਰਟੀ ਬੋਰਡ ਦੇ ਇਕ ਅਧਿਕਾਰੀ ਨੇ ਕਿਹਾ, ‘ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਆਪਣੀ ਠਹਿਰ ਦੌਰਾਨ ਕੋਵਿਡ-19 ਤੋਂ ਸੁਰੱਖਿਆ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਤੇ ਉਨ੍ਹਾਂ ਨੂੰ ਕੋਵਿਡ-19 ਟੈਸਟ ਦੀ ਨੈਗੇਟਿਵ ਰਿਪੋਰਟ ਵਿਖਾਉਣ ਮਗਰੋਂ ਹੀ ਮੁਲਕ ਵਿੱਚ ਦਾਖ਼ਲਾ ਮਿਲੇਗਾ।’ ਚੇਤੇ ਰਹੇ ਕਿ ਹਰ ਸਾਲ ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ, ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਇਕੱਤਰ ਹੁੰਦੇ ਹਨ। ਹਾਲਾਂਕਿ, ਕੋਵਿਡ -19 ਮਹਾਮਾਰੀ ਕਰਕੇ ਇਸ ਸਾਲ ਤਿਉਹਾਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਤਵੰਤ ਸਿੰਘ ਨੇ ਕਿਹਾ, ‘ਭਾਰਤ ਵਿੱਚ ਕਰੋਨਾਵਾਇਰਸ ਕੇਸਾਂ ਦੀ ਵਧਦੀ ਗਿਣਤੀ ਅਤੇ ਦੋਵਾਂ ਮੁਲਕਾਂ ਦੀ ਸਰਹੱਦਾਂ ਬੰਦ ਹੋਣ ਕਰਕੇ, ਪਾਕਿਸਤਾਨ ਵਿੱਚ ਭਾਰਤੀ ਸਿੱਖਾਂ ਦੀ ਠਹਿਰ ’ਤੇ ਨਜ਼ਰਸਾਨੀ ਕਰਨੀ ਹੋਵੇਗੀ।’ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸ਼ਰਧਾਲੂਆਂ ਦੀ ਗਿਣਤੀ ’ਤੇ ਭਾਵੇਂ ਕੋਈ ਪਾਬੰਦੀ ਨਹੀਂ ਲਾਈ ਗਈ, ਪਰ ਦੋਵਾਂ ਮੁਲਕਾਂ ਦਰਮਿਆਨ ਹੋਏ ਕਰਾਰ ਮੁਤਾਬਕ ਤਿੰਨ ਹਜ਼ਾਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਦਾਖ਼ਲੇ ਦੀ ਇਜਾਜ਼ਤ ਹੋਵੇਗੀ। ਸ਼ਰਧਾਲੂਆਂ ਦੀ ਪ੍ਰਕਾਸ਼ ਪੁਰਬ ਲਈ ਇਹ ਫੇਰੀ ਨਨਕਾਣਾ ਸਾਹਿਬ ਤੱਕ ਹੀ ਸੀਮਤ ਹੋਵੇਗੀ। ਇਸ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਨੂੰ ਦਸ ਦਿਨਾਂ ਦੇ ਵੀਜ਼ੇ ਦੌਰਾਨ ਲਾਹੌਰ, ਨਨਕਾਣਾ ਸਾਹਿਬ, ਹਸਨ ਅਬਦਾਲ, ਕਰਤਾਰਪੁਰਾ, ਰੋਹੜੀ ਸਾਹਿਬ ਤੇ ਫ਼ਰੂਕਾਬਾਦ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਦੀ ਵੀ ਇਜਾਜ਼ਤ ਹੁੰਦੀ ਹੈ। ਸਤਵੰਤ ਸਿੰਘ ਨੇ ਕਿਹਾ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ 27 ਨਵੰਬਰ ਨੂੰ ਵਾਹਗਾ ਸਰਹੱਦ ’ਤੇ ਜੀ ਆਇਆਂ ਨੂੰ ਆਖਣ ਮਗਰੋਂ ਵਿਸ਼ੇਸ਼ ਬੱਸਾਂ ਰਾਹੀਂ ਨਨਕਾਣਾ ਸਾਹਿਬ ਲਿਜਾਇਆ ਜਾਵੇਗਾ। ਵਕਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼੍ਰੋਮਣੀ ਕਮੇਟੀ(ਭਾਰਤ) ਸਮੇਤ ਵੱਖ ਵੱਖ ਸਿੱਖ ਸੁਸਾਇਟੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ। -ਆਈਏਐੱਨਐੱਸ/ਪੀਟੀਆਈ