ਇਸਲਾਮਾਬਾਦ, 22 ਸਤੰਬਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਮਹਿਲਾ ਜੱਜ ਖ਼ਿਲਾਫ਼ ਆਪਣੀ ਵਿਵਾਦਤ ਟਿੱਪਣੀ ਲਈ ਅੱਜ ਇਸਲਾਮਾਬਾਦ ਹਾਈ ਕੋਰਟ ਵਿੱਚ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਭਵਿੱਖ ’ਚ ਦੁਬਾਰਾ ਅਜਿਹਾ ਨਹੀਂ ਕਰਨਗੇ। ਇਮਰਾਨ ਖ਼ਾਨ ਨੇ ਚੀਫ਼ ਜਸਟਿਸ ਅਤਹਰ ਮਿਨੱਲ੍ਹਾ ਦੀ ਅਗਵਾਈ ਵਾਲੇ ਬੈਂਚ ਨੂੰ ਕਿਹਾ, ‘‘ਜੇਕਰ ਮੈਂ ਹੱਦ ਪਾਰ ਕੀਤੀ ਹੈ ਤਾਂ ਮੈਨੂੰ ਅਫਸੋਸ ਹੈ।’’ ਚੀਫ਼ ਜਸਟਿਸ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਹਲਫ਼ਨਾਮਾ ਦਾਖਲ ਕਰਨ ਲਈ ਵੀ ਆਖਿਆ ਹੈ। ਇਸ ਮਗਰੋਂ ਬੈਂਚ ਨੇ ਮਾਮਲੇ ਦੀ ਸੁਣਵਾਈ 3 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਦੱਸਣਯੋਗ ਹੈ ਕਿ ਰਾਜਧਾਨੀ ਵਿੱਚ 20 ਅਗਸਤ ਨੂੰ ਇੱਕ ਰੈਲੀ ਦੌਰਾਨ ਇਮਰਾਨ ਖ਼ਾਨ ਨੇ ਆਪਣੇ ਸਾਥੀ ਸ਼ਾਹਬਾਜ਼ ਗਿੱਲ ਨਾਲ ਬਦਸਲੂਕੀ ਨੂੰ ਲੈ ਕੇ ਪੁਲੀਸ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣੀ ਦੀ ਧਮਕੀ ਦਿੱਤੀ ਸੀ। ਉਨ੍ਹਾਂ ਨੇ ਜਸਟਿਸ ਜ਼ੇਬਾ ਚੌਧਰੀ ਦੇ ਉਸ ਫ਼ੈਸਲੇ ’ਤੇ ਇਤਰਾਜ਼ ਜਤਾਇਆ ਸੀ ਜਿਸ ਵਿੱਚ ਉਨ੍ਹਾਂ ਨੇ ਸ਼ਾਹਬਾਜ਼ ਗਿੱਲ ਨੂੰ ਦੋ ਦਿਨ ਦੀ ਹਿਰਾਸਤ ’ਚ ਭੇਜਣ ਦੀ ਪੁਲੀਸ ਦੀ ਅਪੀਲ ਨੂੰ ਮਨਜ਼ੂਰ ਕਰ ਲਿਆ ਸੀ। ਇਮਰਾਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਗਿੱਲ ਨੂੰ ਦੇਸ਼ਧ੍ਰੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ