ਪਾਕਿਸਤਾਨ ਦਾ ਭਾਰਤ ਨੂੰ ਸਿੰਧੂ ਜਲ ਸੰਧੀ ਦੇ ਦਾਇਰੇ ਵਿੱਚ ਗੱਲਬਾਤ ਕਰਨ ਦਾ ਸੱਦਾ
ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਅੰਦਰਾਬੀ ਨੇ ਦਿੱਤੀ ਪ੍ਰਤੀਕਿਰਿਆ
ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤ ਨੂੰ ਸਿੰਧੂ ਜਲ ਸੰਧੀ ਦੇ ਦਾਇਰੇ ਵਿੱਚ ਰਹਿੰਦਿਆਂ ਉਸਾਰੂ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਅੰਦਰਾਬੀ ਨੇ ਇਹ ਟਿੱਪਣੀਆਂ ਭਾਰਤ ਵੱਲੋਂ ਸਥਾਈ ਸਾਲਸੀ ਅਦਾਲਤ ਦੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੇ ਆਦੇਸ਼ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਕੀਤੀਆਂ।
ਭਾਰਤ ਨੇ ਪਿਛਲੇ ਸਾਲ ਅਪਰੈਲ ਵਿੱਚ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਕਈ ਕੂਟਨੀਤਕ ਅਤੇ ਆਰਥਿਕ ਕਦਮਾਂ ਤਹਿਤ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਹਮਲੇ ਵਿੱਚ 26 ਨਾਗਰਿਕਾਂ ਦੀ ਮੌਤ ਹੋ ਗਈ ਸੀ।
ਪਾਕਿਸਤਾਨ ਨੇ ਇਸ ਸਾਲ ਮਾਰਚ ਵਿੱਚ ਹੇਗ ਸਥਿਤ ਸਥਾਈ ਸਾਲਸੀ ਅਦਾਲਤ ਦਾ ਰੁਖ਼ ਕੀਤਾ ਸੀ ਤਾਂ ਜੋ ਸੰਧੀ ਦੀ ਸਥਿਤੀ ਤੈਅ ਕੀਤੀ ਜਾ ਸਕੇ। ਇਸ ਕਦਮ ਨੂੰ ਭਾਰਤ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਜੋਂ ਦੇਖਿਆ ਗਿਆ ਸੀ।
ਅੰਦਰਾਬੀ ਨੇ ਕਿਹਾ ਕਿ ਅਦਾਲਤ ਨੇ ਇਹ ਦੁਹਰਾਇਆ ਹੈ ਕਿ ਸਿੰਧੂ ਜਲ ਸੰਧੀ ਪੂਰੀ ਤਰ੍ਹਾਂ ਲਾਗੂ ਅਤੇ ਪਾਬੰਦ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਪਾਕਿਸਤਾਨ ਸਾਰੇ ਸੰਭਵ ਕਦਮ ਚੁੱਕੇਗਾ।

