ਇਸਲਾਮਾਬਾਦ, 7 ਅਪਰੈਲ
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਦੇ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਖਾਨ ਦੇ ਵਿਵਾਦਪੂਰਨ ਫ਼ੈਸਲੇ ਨੂੰ ਅੱਜ ਰੱਦ ਕਰ ਦਿੱਤਾ। ਇਹ ਇਮਰਾਨ ਖਾਨ ਲਈ ਇਕ ਵੱਡਾ ਝਟਕਾ ਹੈ ਅਤੇ ਹੁਣ ਆਸ ਹੈ ਕਿ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਵਿੱਚ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੀਫ਼ ਜਸਟਿਸ ਉਮਰ ਅਤਾ ਬਾਂਦਿਆਲ ਪੰਜ ਮੈਂਬਰੀ ਬੈਂਚ ਦੀ ਅਗਵਾਈ ਕਰ ਰਹੇ ਸਨ। ਜਸਟਿਸ ਬਾਂਦਿਲਆਲ ਨੇ ਸੰਸਦ ਵਿੱਚ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਸਬੰਧੀ ਡਿਪਟੀ ਸਪੀਕਰ ਦੇ ਵਿਵਾਦਪੂਰਨ ਫੈਸਲੇ ਨੂੰ ਅਸੰਵਿਧਾਨਕ ਕਰਾਰ ਦੇ ਦਿੱਤਾ। ਪੰਜ ਮੈਂਬਰੀ ਬੈਂਚ ਨੇ ਸੰਸਦ ਭੰਗ ਕਰਨ ਨੂੰ ਸਰਬਸੰਮਤੀ ਨਾਲ ਅਸੰਵਿਧਾਨਕ ਕਰਾਰ ਦਿੱਤਾ। ਬੈਂਚ ਨੇ ਸੰਸਦ ਨੂੰ ਬਹਾਲ ਕੀਤਾ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਰਾਸ਼ਟਰਪਤੀ ਅਲਵੀ ਨੂੰ ਕੌਮੀ ਅਸੈਂਬਲੀ ਭੰਗ ਕਰਨ ਦੀ ਸਲਾਹ ਦਿੱਤੇ ਜਾਣ ਨੂੰ ਅਸੰਵਿਧਾਨਕ ਕਰਾਰ ਦਿੱਤਾ। ਅਦਾਲਤ ਨੇ ਸਪੀਕਰ ਨੂੰ 9 ਅਪਰੈਲ ਨੂੰ ਸਵੇਰੇ 10 ਵਜੇ ਕੌਮੀ ਅਸੈਂਬਲੀ ਦਾ ਸੈਸ਼ਨ ਸੱਦਣ ਦਾ ਹੁਕਮ ਦਿੱਤਾ ਤਾਂ ਜੋ ਬੇਭਰੋਸਗੀ ਮਤੇ ’ਤੇ ਵੋਟਿੰਗ ਕਰਵਾਈ ਜਾ ਸਕੇ। ਸੁਪਰੀਮ ਕੋਰਟ ਦੇ ਅੰਦਰ ਅਤੇ ਆਸਪਾਸ ਸੁਰੱਖਿਆ ਵਧਾ ਦਿੱਤੀ ਗਈ ਸੀ। -ਪੀਟੀਆਈ