ਇਸਲਾਮਾਬਾਦ, 13 ਅਗਸਤ
ਪਾਕਿਸਤਾਨ ਫੌਜ ਨੇ ਅੱਜ ਦਾਅਵਾ ਕੀਤਾ ਕਿ ਭਾਰਤ ਦੇ ਕੁਲਭੂਸ਼ਣ ਜਾਧਵ ਸਬੰਧੀ ਪਾਕਿਸਤਾਨ ਵਲੋਂ ਆਪਣੇ ਸਾਰੇ ਕੌਮਾਂਤਰੀ ਫ਼ਰਜ਼ ਨਿਭਾਏ ਜਾ ਰਹੇ ਹਨ।
ਭਾਰਤੀ ਜਲ ਸੈਨਾ ਦੇ ਸੇਵਾਮੁਕਤ ਅਫਸਰ ਜਾਧਵ ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਅਪਰੈਲ 2017 ਵਿੱਚ ਜਾਸੂਸੀ ਅਤੇ ਦਹਿਸ਼ਤਗਰਦੀ ਦੇ ਦੋਸ਼ਾਂ ਹੇਠ ਮੌਤ ਦੀ ਸਜ਼ਾ ਸੁਣਾਈ ਸੀ। ਕੁਝ ਹਫ਼ਤਿਆਂ ਬਾਅਦ ਭਾਰਤ ਨੇ ਪਾਕਿਸਤਾਨ ਵਲੋਂ ਜਾਧਵ ਤੱਕ ਸਫ਼ਾਰਤੀ ਰਸਾਈ ਨਾ ਦਿੱਤੇ ਜਾਣ ਖ਼ਿਲਾਫ਼ ਕੌਮਾਂਤਰੀ ਨਿਆਂ ਅਦਾਲਤ ਵਿੱਚ ਪਹੁੰਚ ਕਰਕੇ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਇਸ ਮਗਰੋਂ ਕੌਮਾਂਤਰੀ ਨਿਆਂ ਅਦਾਲਤ ਨੇ ਪਾਕਿਸਤਾਨ ਨੂੰ ਜਾਧਵ ਨੂੰ ਫਾਹੇ ਲਾਏ ਜਾਣ ਤੋਂ ਰੋਕ ਦਿੱਤਾ ਸੀ। ਜਾਧਵ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਪਾਕਿਸਤਾਨ ਫੌਜ ਦੇ ਤਰਜਮਾਨ ਮੇਜਰ ਜਨਰਲ ਬਾਬਰ ਇਫ਼ਤਿਖਾਰ ਨੇ ਕਿਹਾ, ‘‘ਕੁਲਭੂਸ਼ਣ ਬਾਰੇ ਕੌਮਾਂਤਰੀ ਨਿਆਂ ਅਦਾਲਤ ਦਾ ਫ਼ੈਸਲਾ ਲਾਗੂ ਕੀਤਾ ਜਾ ਰਿਹਾ ਹੈ। ਅਸੀਂ ਕੌਮਾਂਤਰੀ ਕਾਨੂੰਨ ਦੀ ਪਾਲਣਾ ਕਰ ਰਹੇ ਹਾਂ….ਸਾਡੇ ਵਲੋਂ ਕੌਮਾਂਤਰੀ ਨਿਆਂ ਅਦਾਲਤ ਦੇ ਫ਼ੈਸਲੇ ਤਹਿਤ ਫ਼ਰਜ਼ ਨਿਭਾਉਂਦਿਆਂ ਸਫ਼ਾਰਤੀ ਰਸਾਈ ਦਿੱਤੀ ਗਈ ਸੀ।’’ ਪਾਕਿਸਤਾਨ ਨੇ ਜੁਲਾਈ ਵਿੱਚ ਜਾਧਵ ਤੱਕ ਸਫ਼ਾਰਤੀ ਰਸਾਈ ਦਿੱਤੀ ਸੀ ਅਤੇ ਕੁਝ ਦਿਨਾਂ ਬਾਅਦ ਗੁਆਂਢੀ ਮੁਲਕ ਨੇ ਦਾਅਵਾ ਕੀਤਾ ਸੀ ਕਿ ਜਾਧਵ ਨੇ ਆਪਣੀ ਮੌਤ ਦੀ ਸਜ਼ਾ ਖ਼ਿਲਾਫ਼ ਅਦਾਲਤ ਵਿੱਚ ਅਪੀਲ ਦਾਇਰ ਕਰਨ ਤੋਂ ਇਨਕਾਰ ਕੀਤਾ ਹੈ। ਦੂਜੇ ਪਾਸੇ, ਭਾਰਤ ਨੇ ਪਾਕਿਸਤਾਨ ਵਲੋਂ ਜਾਧਵ ਤੱਕ ‘ਰੁਕਾਵਟ-ਰਹਿਤ ਅਤੇ ਸ਼ਰਤਾਂ-ਰਹਿਤ’ ਸਫ਼ਾਰਤੀ ਰਸਾਈ ਨਾ ਦਿੱਤੇ ਜਾਣ ’ਤੇ ਨਿਰਾਸ਼ਾ ਪ੍ਰਗਟਾਈ ਹੈ। -ਪੀਟੀਆਈ