ਕਾਠਮੰਡੂ, 9 ਫਰਵਰੀ
ਨੇਪਾਲ ਕਮਿਊਨਿਸਟ ਪਾਰਟੀ (ਐੱਨਸੀਪੀ) ਗੁੱਟ ਦੇ ਆਗੂ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਅੱਜ ਕਿਹਾ ਕਿ ਉਹ ਤਜਵੀਜ਼ਤ ਨਵੀਆਂ ਚੋਣਾਂ ਦਾ ਬਾਈਕਾਟ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ‘ਗ਼ੈਰ-ਜਮਹੂਰੀ ਅਤੇ ਗ਼ੈਰ-ਸੰਵਿਧਾਨਕ’ ਚੋਣਾਂ ਮਨਜ਼ੂਰ ਨਹੀਂ ਹਨ। ਪ੍ਰਚੰਡ ਨੇ ਕੌਮਾਂਤਰੀ ਭਾਈਚਾਰੇ ਨੂੰ ਵੀ ਨੇਪਾਲ ਦੇ ਲੋਕਤੰਤਰ ਅਤੇ ਸੰਵਿਧਾਨਕ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਪ੍ਰਚੰਡ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਹਾਲੇ ਚੋਣਾਂ ਵਿੱਚ ਹਿੱਸਾ ਲੈਣ ਬਾਰੇ ਫ਼ੈਸਲਾ ਲੈਣਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਅਗਵਾਈ ਵਾਲੀ ‘ਗ਼ੈਰ-ਜਮਹੂਰੀ ਅਤੇ ਗ਼ੈਰ-ਕਾਨੂੰਨੀ’ ਸਰਕਾਰ ਅਧੀਨ ਹੋਣ ਵਾਲੀਆਂ ਨਵੀਆਂ ਚੋਣਾਂ ਵਿੱਚ ਹਿੱਸਾ ਲੈਣ ਬਾਰੇ ਉਨ੍ਹਾਂ ਦੀ ਧਿਰ ਵੱਲੋਂ ਗੰਭੀਰਤਾ ਨਾਲ ਗੌਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਓਲੀ ਨੇ 20 ਦਸੰਬਰ 2020 ਨੂੰ ਸੰਸਦ ਭੰਗ ਕਰ ਦਿੱਤੀ ਸੀ ਅਤੇ 30 ਅਪਰੈਲ ਤੇ 10 ਮਈ ਨੂੰ ਦੋ ਪੜਾਵਾਂ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ। ਓਲੀ ਦੇ ਸੰਸਦ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਜਿਸ ਦੀ ਸੁਣਵਾਈ ਚੱਲ ਰਹੀ ਹੈ।
-ਪੀਟੀਆਈ