ਯੈਂਗੋਨ, 2 ਮਾਰਚ
ਮਿਆਂਮਾਰ ਵਿੱਚ ਫ਼ੌਜੀ ਰਾਜ ਪਲਟੇ ਖ਼ਿਲਾਫ਼ ਲੋਕਾਂ ਵੱਲੋਂ ਅੱਜ ਮੁੜ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਉਨ੍ਹਾਂ ’ਤੇ ਅੱਥਰੂ ਗੈਸ ਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਕੀਤੀ। ਇਸ ਦੌਰਾਨ ਸੁਰੱਖਿਆ ਬਲਾਂ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਈ ਝੜਪ ਦੌਰਾਨ ਪ੍ਰਦਰਸ਼ਨਕਾਰੀ ਹਰ ਹਮਲੇ ਮਗਰੋਂ ਮੁੜ ਇਕੱਠੇ ਹੋ ਗਏ ਤੇ ਬੈਰੀਕੇਡਾਂ ਦੀ ਮਦਦ ਨਾਲ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।ਦੱਸਣਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਹੋਏ ਪ੍ਰਦਰਸ਼ਨਾਂ ਮਗਰੋਂ ਮਿਆਂਮਾਰ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਭੀੜ ’ਤੇ ਗੋਲੀਬਾਰੀ ਕੀਤੀ ਗਈ ਹੈ। ਸੰਯੁਕਤ ਰਾਸ਼ਟਰ ਅਨੁਸਾਰ ਸੁਰੱਖਿਆ ਬਲਾਂ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ 18 ਲੋਕ ਮਾਰੇ ਗਏ। ਮਿਆਂਮਾਰ ’ਚ ਹਿੰਸਾ ਕਾਰਨ ਵਿਗੜ ਰਹੀ ਸਥਿਤੀ ਦੌਰਾਨ ਅੱਜ ਇਸ ਮੁੱਦੇ ’ਤੇ ਦੱਖਣੀ ਪੂਰਬੀ ਏਸ਼ਿਆਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਮੀਟਿੰਗ ਕੀਤੀ। -ਪੀਟੀਆਈ