ਪੰਜਾਬ ਦੀ ਹੋਂਦ ਬਚਾਉਣ ਲਈ ਪੰਜਾਬੀ ਇੱਕਜੁੱਟ ਹੋਣ: ਬਾਜਵਾ
ਸਾਊਥ ਆਸਟਰੇਲੀਆ ਵਿੱਚ ਵੱਖ-ਵੱਖ ਸਮਾਗਮਾਂ ’ਚ ਪੰਜਾਬੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੀ ਹੋਂਦ ਬਚਾਉਣ ਲਈ ਵਿਸ਼ਵ ਦੇ ਸਮੁੱਚੇ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਉਂਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਬੰਧੂਆ ਮੁੱਖ ਮੰਤਰੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਅਸਫ਼ਲ ਰਹੀ ਹੈ ਅਤੇ ਪੰਜਾਬ ਨੂੰ 4 ਲੱਖ ਕਰੋੜ ਰੁਪਏ ਦਾ ਕਰਜ਼ਈ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਿਸਾਨ ਮਾਰੂ ਨੀਤੀਆਂ ਤੋਂ ਹਰ ਵਰਗ ਦੇ ਲੋਕ ਤੰਗ ਹਨ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਦੇ ਰੂਪ ਵਿੱਚ ਕਾਂਗਰਸ ਨੂੰ ਦੇਖ ਰਹੇ ਹਨ। ਉਨ੍ਹਾਂ ਕਾਂਗਰਸ ਸਰਕਾਰਾਂ ਵੇਲੇ ਪੰਜਾਬ ਦੀ ਤਰੱਕੀ ਲਈ ਲਏ ਗਏ ਅਹਿਮ ਫ਼ੈਸਲਿਆਂ ਅਤੇ ਕਾਰਜਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਹੁਣ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ। ਉਨ੍ਹਾਂ ਪੰਜਾਬ ਵਿੱਚੋਂ ਵੱਡੇ ਪੱਧਰ ’ਤੇ ਪਰਵਾਸ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਪੰਜਾਬੀਆਂ ਦੀ ਗਿਣਤੀ ਘੱਟ ਅਤੇ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਵਧ ਰਹੀ ਹੈ।
ਉਨ੍ਹਾਂ ਪੰਜਾਬ ਦੀ ਹੋਂਦ ਬਚਾਉਣ ਅਤੇ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਕਾਂਗਰਸ ਦਾ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਫਿਲੌਰ ਹਲਕੇ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਸਟਰੇਲੀਆ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਸਹਿਯੋਗੀ ਆਗੂਆਂ ਲਖਵੀਰ ਸਿੰਘ ਤੂਰ, ਰਾਣਾ ਜੈ ਸਿੰਘ, ਸੁਨੀਲ ਭਾਟੀਆ, ਗਿੱਪੀ ਬਰਾੜ, ਜਗਤਾਰ ਸਿੰਘ ਨਾਗਰੀ, ਮਨੋਜ ਸ਼ੇਰੋਂ, ਸੁਖਬੀਰ ਸਿੰਘ ਸੰਧੂ ਵੱਲੋਂ ਬਾਜਵਾ ਤੇ ਵਿਧਾਇਕ ਚੌਧਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।