ਇਸਲਾਮਾਬਾਦ, 19 ਜੁਲਾਈ
ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਆਪਣੇ ਅਫ਼ਗਾਨਿਸਤਾਨ ਦੇ ਹਮਰੁਤਬਾ ਮੁਹੰਮਦ ਹਨੀਫ਼ ਆਤਮਰ ਨੂੰ ਫੋਨ ਕਰਕੇ ਭਰੋਸਾ ਦਿਵਾਇਆ ਕਿ ਅਫ਼ਗਾਨੀ ਸਫ਼ੀਰ ਦੀ ਧੀ ਦੇ ਅਗ਼ਵਾਕਾਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਕਦਮ ਚੁੱਕੇ ਜਾਣਗੇ। ਰੇਡੀਓ ਪਾਕਿਸਤਾਨ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ ਕਿ ਵਿਦੇਸ਼ ਮੰਤਰਾਲਾ ਕੂਟਨੀਤਕ ਨਿਯਮਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਪਾਕਿਸਤਾਨ ਵਿੱਚ ਅਫ਼ਗਾਨੀ ਸਫ਼ਾਰਤਖ਼ਾਨੇ ਅਤੇ ਕੌਂਸਲੇਟ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਕੁਰੈਸ਼ੀ ਨੇ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਨੂੰ ਯਕੀਨ ਦਿਵਾਇਆ, ‘‘ਪਾਕਿਸਤਾਨ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗਾ।’’ ਉਨ੍ਹਾਂ ਕਿਹਾ, ‘‘ਸਾਨੂੰ ਉਮੀਦ ਹੈ ਕਿ ਅਫ਼ਗਾਨਿਸਤਾਨ ਸਰਕਾਰ ਪਾਕਿਸਤਾਨ ਦੀਆਂ ਗੰਭੀਰ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਪਣੇ ਸਫ਼ੀਰ ਅਤੇ ਸੀਨੀਅਰ ਕੂਟਨੀਤਕਾਂ ਨੂੰ ਪਾਕਿਸਤਾਨ ਤੋਂ ਵਾਪਸ ਬੁਲਾਉਣ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਕਰੇਗੀ।’’ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਨੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਲੈਣ ’ਤੇ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ। -ਪੀਟੀਆਈ