ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਭੀੜ ਵਾਲੇ ਇਲਾਕੇ ਵਿੱਚ ਪੰਜ ਮੰਜ਼ਿਲਾਂ ਇਮਾਰਤ ’ਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਚਾਰ ਬੱਚਿਆਂ ਸਣੇ ਸੱਤ ਜੀਆਂ ਦੀ ਮੌਤ ਹੋ ਗਈ। ਪੰਜਾਬ ਦੀ ਐਮਰਜੈਂਸੀ ਸੇਵਾ ਰੈਸਕਿਊੁ 1122 ਅਨੁਸਾਰ ਸ਼ਹਿਰ ਫੈਸਲਾਬਾਦ ਦੇ ਮਿੰਟਗੁਮਰੀ ਬਾਜ਼ਾਰ ਵਿੱਚ ਇੱਕ ਇਮਾਰਤ ’ਚ ਸ਼ੁੱਕਰਵਾਰ ਸਵੇਰੇ ਅੱਗ ਲੱਗ ਗਈ। ਐਮਰਜੈਂਸੀ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ ਚਾਰ ਬੱਚਿਆਂ ਸਣੇ ਸੱਤ ਜੀਅ ਅੱਗ ਵਿੱਚ ਜਿਊਂਦੇ ਸੜ ਗਏ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਸ਼ਹਿਰ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੇ ਅੱਗ ਤੋਂ ਬਚਣ ਲਈ ਇਮਾਰਤ ਤੋਂ ਛਾਲ ਮਾਰ ਦਿੱਤੀ ਸੀ, ਜਿਸ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਨੂੰ ਮੰਨਿਆ ਜਾ ਰਿਹਾ ਹੈ। -ਪੀਟੀਆਈ