ਕੋਲੰਬੋ, 22 ਅਗਸਤ
ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ ਵਿੱਚ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਦੀ ਵਾਪਸੀ ਦੇ ਯਤਨਾਂ ਨੂੰ ਅੰਤਿਮ ਰੂਪ ਦੇਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ। ਇੱਕ ਮੀਡੀਆ ਰਿਪੋਰਟ ਵਿੱਚ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ। ਰਾਜਪਕਸੇ ਨੂੰ ਦੇਸ਼ ਦੀ ਅਰਥਵਿਵਸਥਾ ਦੇ ਕੁਪ੍ਰਬੰਧਾਂ ਕਾਰਨ ਲੋਕ ਰੋਹ ਦਾ ਸਾਹਮਣਾ ਕਰਨਾ ਪਿਆ ਸੀ। ਉਹ ਪਿਛਲੇ ਮਹੀਨੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਦੇਸ਼ ਛੱਡ ਕੇ ਦੌੜ ਗਏ ਸਨ। ਉਹ ਇਸ ਸਮੇਂ ਬੈਂਕਾਕ ਦੇ ਇੱਕ ਹੋਟਲ ਵਿੱਚ ਠਹਿਰੇ ਹੋਏ ਹਨ। ‘ਦਿ ਡੇਲੀ ਮਿਰਰ’ ਅਖ਼ਬਾਰ ਨੇ ਦਾਅਵਾ ਕੀਤਾ ਕਿ ਵਿਕਰਮਸਿੰਘੇ ਨੇ ਰਾਜਪਕਸੇ ਦੀ ਦੇਸ਼ ਵਾਪਸੀ ਸਬੰਧੀ ਪ੍ਰਬੰਧਾਂ ’ਤੇ ਚਰਚਾ ਕਰਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਹੈ। -ਪੀਟੀਆਈ