ਕੋਲੰਬੋ, 10 ਜੁਲਾਈ
ਪ੍ਰਦਰਸ਼ਨਕਾਰੀਆਂ ਵੱਲੋਂ ਕੱਲ੍ਹ ਰਾਸ਼ਟਰਪਤੀ ਭਵਨ ਅਤੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਦੇ ਅੰਦਰ ਦਾਖ਼ਲ ਹੋਣ ਦੇ ਬਾਅਦ ਤੋਂ ਲਾਪਤਾ ਚੱਲ ਰਹੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨੇ ਅੱਜ ਮੁੜ ਸਰਗਰਮੀ ਫੜੀ। ਹਾਲਾਂਕਿ, ਉਨ੍ਹਾਂ ਦੇ ਟਿਕਾਣੇ ਦਾ ਅਜੇ ਤੱਕ ਕਿਸੇ ਨੂੰ ਪਤਾ ਨਹੀਂ ਹੈ ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਰਸੋਈ ਗੈਸ ਦੀ ਨਿਰਵਿਘਨ ਵੰਡ ਯਕੀਨੀ ਬਣਾਈ ਜਾਵੇ। ਇਹ ਜਾਣਕਾਰੀ ਉਨ੍ਹਾਂ ਦੇ ਦਫਤਰ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪੈਟਰੋਲੀਅਮ ਪਦਾਰਥਾਂ ਦੀ ਭਾਰੀ ਘਾਟ ਨਾਲ ਜੂਝ ਰਹੇ ਇਸ ਦੇਸ਼ ਵਿੱਚ ਅੱਜ 3700 ਟਨ ਐੱਲਪੀਜੀ ਪਹੁੰਚੀ ਹੈ। ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੀਆਂ ਪ੍ਰਸ਼ਾਸਕੀ ਇਮਾਰਤਾਂ ਜੋ ਕਿ ਸਰਕਾਰੀ ਰਿਹਾਇਸ਼ਾਂ ਵੀ ਹਨ, ’ਤੇ ਅਜੇ ਵੀ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਦਾ ਕਬਜ਼ਾ ਹੈ। ਇਸੇ ਦੌਰਾਨ ਪੁਲੀਸ ਨੇ ਪ੍ਰਧਾਨ ਮੰਤਰੀ ਵਿਕਰਸਿੰਘੇ ਦੀ ਨਿੱਜੀ ਰਿਹਾਇਸ਼ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੀ ਜਾਂਚ ਸੀਆਈਡੀ ਨੂੰ ਸੌਂਪ ਦਿੱਤੀ ਗਈ ਹੈ। ਉਧਰ, ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਦੀ ਸਰਕਾਰੀ ਰਿਹਾਇਸ਼ ਵਿੱਚ ਦਾਖ਼ਲ ਹੋਣ ਵਾਲੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਮਹਿਲ ’ਚੋਂ ਕਰੀਬ 1.78 ਕਰੋੜ ਰੁਪਏ ਮਿਲਣ ਦਾ ਦਾਅਵਾ ਕੀਤਾ ਹੈ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਰਾਸ਼ਟਰਪਤੀ ਮਹਿਲਵਿੱਚ ਮੌਕ ਕੈਬਨਿਟ ਮੀਟਿੰਗ ਵੀ ਕੀਤੀ ਗਈ। -ਪੀਟੀਆਈ