ਸੰਯੁਕਤ ਰਾਸ਼ਟਰ, 23 ਸਤੰਬਰ
ਸੰਯੁਕਤ ਰਾਸ਼ਟਰ ਮਹਾਸਭਾ ਦੇ ਉੱਚ ਪੱਧਰੀ ਵਿਚਾਰ ਵਟਾਂਦਰੇ ਵਿੱਚ ਭਾਰਤ ਨੇ ਜੰਮੂ-ਕਸ਼ਮੀਰ ਬਾਰੇ ਤੁਰਕੀ ਦੇ ਰਾਸ਼ਟਰਪਤੀ ਰਜਬ ਤਇਅਬ ਐਰਦੋਆਨ ਦੀ ਟਿੱਪਣੀ ਨੂੰ ਪੂਰੀ ਤਰ੍ਹਾਂ ਰੌੱਦ ਕਰਦਿਆਂ ਕਿਹਾ ਕਿ ਤੁਰਕੀ ਨੂੰ ਹੋਰ ਦੇਸ਼ਾਂ ਵਿੱਚ ਦੀ ਪ੍ਰਭੂਸੱਤਾ ਸਨਮਾਨ ਕਰਨਾ ਚਾਹੀਦਾ ਹੈ ਤੇ ਉਸ ਨੂੰ ਆਪਣੀ ਪੀੜੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤ੍ਰਿਮੂਰਤੀ ਨੇ ਮੰਗਲਵਾਰ ਨੂੰ ਟਵੀਟ ਕੀਤਾ, “ਅਸੀਂ ਭਾਰਤ ਦੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਬਾਰੇ ਤੁਰਕੀ ਦੇ ਰਾਸ਼ਟਰਪਤੀ ਦੀਆਂ ਟਿਪਣੀਆਂ ਸੁਣੀਆਂ। ਉਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਹੈ ਅਤੇ ਭਾਰਤ ਇਸ ਨੂੰ ਪੂਰੀ ਤਰ੍ਹਾਂ ਰੱਦ ਕਰਦਾ ਹੈ। ਤੁਰਕੀ ਨੂੰ ਦੂਜੇ ਦੇਸ਼ਾਂ ਦੀ ਪ੍ਰਭੂਸੱਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ ਅਤੇ ਆਪਣੀਆਂ ਨੀਤੀਆਂ ‘ਤੇ ਡੂੰਘਾਈ ਨਾਲ ਵਿਚਾਰ ਕਰਨਾ ਚਾਹੀਦਾ ਹੈ।’ਸੰਯੁਕਤ ਰਾਸ਼ਟਰ ਮਹਾਸਭਾ ਦੇ 75ਵੇਂ ਸੈਸ਼ਨ ਵਿਚ ਆਮ ਵਿਚਾਰ ਵਟਾਂਦਰੇ ਵਿਚ ਆਪਣੇ ਰਿਕਾਰਡ ਕੀਤੇ ਸੰਦੇਸ਼ ਵਿਚ ਤੁਰਕੀ ਦੇ ਰਾਸ਼ਟਰਪਤੀ ਨੇ ਜੰਮੂ-ਕਸ਼ਮੀਰ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਕਸ਼ਮੀਰ ਦਾ ਮੁੱਦਾ ਦੱਖਣੀ ਏਸ਼ੀਆ ਦੀ ਸਥਿਰਤਾ ਅਤੇ ਸ਼ਾਂਤੀ ਲਈ ਵੀ ਮਹੱਤਵਪੂਰਨ ਹੈ ਤੇ ਇਹ ਹਾਲੇ ਭਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਰਾਜ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਨਾਲ ਮਾਮਲਾ ਹੋਰ ਵਿਗੜ ਗਿਆ ਹੈ।